ਮੰਗਲਵਾਰ ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਜਾ ਸਕਦਾ ਹੈ। ਪਹਿਲਾਂ ਇਹ ਵੀ ਆਖਿਆ ਜਾ ਰਿਹਾ ਸੀ ਕਿ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ‘ਤੇ ਵੀ ਬੁਲਡੋਜ਼ਰ ਐਕਸ਼ਨ ਦੀ ਤਿਆਰੀ ਹੈ ਪਰ ਸੂਤਰ ਦੱਸਦੇ ਹਨ ਕਿ ਮੈਡੀਕਲ ਸਟੋਰ ਨੂੰ ਫਿਲਹਾਲ ਜਾਂਚ ਲਈ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਜਾਂਚ ਤੋਂ ਬਾਅਦ ਮੈਡੀਕਲ ਸਟੋਰ ਉਪਰ ਵੀ ਬੁਲਡੋਜ਼ਰ ਐਕਸ਼ਨ ਹੋਵੇਗਾ।
ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਹੈ। ਬੇਸ਼ੱਕ ਮਾਨਸਾ ਪੁਲਸ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਮਾਨਸਾ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਛੇਤੀ ਹੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਅੱਜ ਪ੍ਰੈੱਸ ਕਾਨਫਰੰਸ ਕਰਕੇ ਨਸ਼ਰ ਕੀਤੀ ਜਾਵੇਗੀ। ਇਹ ਵੀ ਦੱਸ ਦਈਏ ਕਿ ਮਾਨਸਾ ਵਿਚ ਮ੍ਰਿਤਕ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ-ਪ੍ਰਦਰਸ਼ਨ ਜਾਰੀ ਹੈ। ਇਸ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਰੱਖਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।




