ਕੰਮਕਾਜੀ ਥਾਵਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਦਾ ਸੱਦਾ
(ਹਰਜੀਤ ਲਸਾੜਾ, ਬ੍ਰਿਸਬੇਨ, 28 ਅਕਤੂਬਰ) ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬੀ ਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਆਗੂਆਂ, ਸਾਥੀਆਂ ਅਤੇ ਮੰਤਰੀਆਂ ਨੇ ਮਨਮੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਰਿਵਾਰ ਵੱਲੋਂ ਉਨ੍ਹਾਂ ਦੇ ਵੱਡੇ ਭਰਾ ਅਮਿਤ ਅਲੀਸ਼ੇਰ ਨੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਬਰਸੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਸ਼ੇਰਵੁੱਡ ਬੱਸ ਡਿਪੂ ਤੋਂ ਹੋਈ, ਜਿੱਥੇ ਸਵੇਰੇ 11 ਵਜੇ ਮਨਮੀਤ ਦੀ ਯਾਦ ਵਿੱਚ ਸਥਾਪਤ ਯਾਦਗਾਰੀ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਸਾਥੀਆਂ ਅਤੇ ਯੂਨੀਅਨ ਦੇ ਮੈਂਬਰਾਂ ਨੇ ਮਨਮੀਤ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਬੁਲਾਰਿਆਂ ਨੇ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਮੇ ਦੀ ਜਾਨ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਮੂਰੂਕਾ ਸਥਿਤ ਲਕਸਵਰਥ ਪਲੇਸ (ਮਨਮੀਤ ਦਾ ਸਵਰਗ) ਵਿਖੇ ਮਰਹੂਮ ਦੀ ਦਸਵੀਂ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਵਿੱਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਯੂਨੀਅਨ ਦੇ ਨੁਮਾਇੰਦਿਆਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਮਨਮੀਤ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਮਰਹੂਮ ਦੀ ਯਾਦ ਵਿੱਚ 31 ਅਕਤੂਬਰ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਬ੍ਰਿਸਬੇਨ ਦੇ ਇਨਾਲਾ ਸਿੱਖ ਟੈਂਪਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਰਾਹੀਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਜਾਵੇਗੀ।
ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਇਹ ਵੀ ਦਰਸਾਇਆ ਕਿ ਮਨਮੀਤ ਦੀ ਯਾਦ ਉਨ੍ਹਾਂ ਦੇ ਪਰਿਵਾਰ ਤੱਕ ਸੀਮਤ ਨਹੀਂ, ਸਗੋਂ ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਦੇ ਸਾਂਝੇ ਚੇਤਿਆਂ ਦਾ ਹਿੱਸਾ ਬਣੀ ਹੋਈ ਹੈ।
ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਬ੍ਰਿਸਬੇਨ ਵਿੱਚ ਭਾਵਪੂਰਵਕ ਸ਼ਰਧਾਂਜਲੀਆਂ




