Behbal Kalan: ਗੋਲੀਕਾਂਡ ਦੀ ਬਰਸੀ – ਕਾਂਗਰਸ ਨੇ ਸਰਕਾਰ ‘ਤੇ ਲਾਏ ਵਾਅਦਾ ਖਿਲਾਫ਼ੀ ਦੇ ਇਲਜ਼ਾਮ, 45 ਦਿਨਾਂ ‘ਚ ਇਨਸਾਫ਼ ਦੇਣ ਦੀ ਕਹੀ ਸੀ ਗੱਲ

Spread the love

Chandigarh – ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਕਥਿਤ ਘਟਨਾ ਦੀ ਅੱਠਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਮਾਰੇ ਗਏ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ ਲਈ ਝਾੜ ਪਾਈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਮੁੱਖ ਚੋਣ ਵਾਅਦਾ ਸੀ ਕਿ ਉਹ ਕਥਿਤ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਹੁਣ ਸਰਕਾਰ ‘ਚ 18 ਮਹੀਨੇ ਬਾਅਦ ਵੀ ‘ਆਪ’ ਸਰਕਾਰ ਨੇ ਲਾਰਿਆਂ ਤੋਂ ਬਿਨਾ ਕੁਝ ਨਹੀਂ ਕੀਤਾ।

ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਦੋ ਸਿੱਖ ਪ੍ਰਦਰਸ਼ਨਕਾਰੀਆਂ ਸਰਾਵਾਂ ਪਿੰਡ ਦੇ ਗੁਰਜੀਤ ਸਿੰਘ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਨਿਆਮੀਵਾਲਾ ਪਿੰਡ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਉਸ ਸਮੇਂ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਬੇਅਦਬੀ ਦੀ ਘਟਨਾ ਦਾ ਵਿਰੋਧ ਕਰ ਰਹੇ ਸਨ।

ਪਿਛਲੇ ਸਾਲ 14 ਅਕਤੂਬਰ ਨੂੰ ਇਸ ਘਟਨਾ ਦੀ ਸੱਤਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨਸਾਫ਼ ਦੇਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ। ਬਾਜਵਾ ਨੇ ਕਿਹਾ ਕਿ ਸਿੱਖ ਸੰਗਤ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਜੇਕਰ ਉਹ ਨਿਰਧਾਰਿਤ ਸਮੇਂ ਵਿਚ ਆਪਣਾ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੇ।

ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਚੁਨੌਤੀ ਦਿੱਤੀ ਕਿ ਉਹ ਦੱਸਣ ਕਿ ਉਨ੍ਹਾਂ ਨੂੰ ਆਪਣੇ ਵਾਅਦੇ ਤੋਂ ਮੁੱਕਰਨ ਲਈ ਕਿਸ ਚੀਜ਼ ਨੇ ਪ੍ਰੇਰਿਤ ਕੀਤਾ। ਬਾਜਵਾ ਨੇ ਕਿਹਾ ਕਿ ਨਾ ਤਾਂ ਉਹ ਧਰਨੇ ‘ਚ ਸ਼ਾਮਲ ਹੋਏ ਅਤੇ ਨਾ ਹੀ ਉਨ੍ਹਾਂ ਨੇ ਹੁਣ ਤੱਕ ਇਨਸਾਫ਼ ਕੀਤਾ।

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਕਾਰਕੁਨ ਹੁਣ ਮਰਨ ਵਰਤ ਕਰਨ ਦੀ ਯੋਜਨਾ ਬਣਾ ਰਹੇ ਹਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਾਬਕਾ ਆਈਪੀਐਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਨੇ ਮੁੱਦਿਆਂ ‘ਤੇ ਨਿਆਂ ਕਰਨ ਵਿੱਚ ਅਸਫਲ ਰਹਿਣ ਲਈ ਆਪਣੀ ਹੀ ਸਰਕਾਰ ਦੀ ਵਾਰ-ਵਾਰ ਨਿੰਦਾ ਕੀਤੀ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਸ ਬਾਰੇ ਗੰਭੀਰ ਨਹੀਂ ਜਾਪਦੇ।

ਉਨ੍ਹਾਂ ਕਿਹਾ ਕਿ ‘ਆਪ’ ਦੇ ਪਾਖੰਡ ਦੀ ਸਿਖਰ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਵਕੀਲ ਵਜੋਂ 2015 ਦੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਨਾਲ ਸਬੰਧਿਤ ਪਟੀਸ਼ਨ ਵਿੱਚ ਇੱਕ ਮੁਅੱਤਲ ਸੀਨੀਅਰ ਪੁਲਿਸ ਅਫ਼ਸਰ ਦੀ ਨੁਮਾਇੰਦਗੀ ਕੀਤੀ ਸੀ। ਬਾਜਵਾ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਵਰਗਾ ਹੈ।

Leave a Comment

Your email address will not be published. Required fields are marked *

Translate »